ਰਾਜਪੁਰਾ, 5 ਅਕਤੂਬਰ 2026
ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿੱਚ ਪਿਛਲੇ ਹਫ਼ਤੇ ਹੋਏ ਵਿਦਿਆਰਥੀ ਅੰਦੋਲਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦੋ ਸਾਬਕਾ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ’ਤੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਸੁਨੇਹੇ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹਨ।
ਪਟਿਆਲਾ ਦੇ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਿਮਾਂਸ਼ੂ ਅਤੇ ਆਰੀਅਨ ਵਜੋਂ ਹੋਈ ਹੈ। ਦੋਵੇਂ ਚਿਤਕਾਰਾ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹਨ।
ਪੁਲਿਸ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵਾਂ ਨੇ ਕਈ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਕਥਿਤ ਤੌਰ ’ਤੇ ਗੁੰਮਰਾਹਕੁੰਨ ਸੁਨੇਹੇ ਫੈਲਾਏ, ਜਿਸ ਨਾਲ 25 ਸਤੰਬਰ ਦੀ ਰਾਤ ਸ਼ੁਰੂ ਹੋਇਆ ਵਿਦਿਆਰਥੀ ਰੋਸ ਹੋਰ ਵਧ ਗਿਆ।
ਕੀ ਹੈ ਪੂਰਾ ਮਾਮਲਾ?
25 ਸਤੰਬਰ ਦੀ ਰਾਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕੁਝ ਅਫਵਾਹਾਂ ਫੈਲੀਆਂ ਸਨ। ਇਨ੍ਹਾਂ ਵਿੱਚ ਵਿਦਿਆਰਥਣਾਂ ਦੇ ਲਾਪਤਾ ਹੋਣ ਅਤੇ ਹੋਰ ਗੰਭੀਰ ਦਾਅਵੇ ਕੀਤੇ ਗਏ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ ਸਨ।
ਪੁਲਿਸ ਅਤੇ ਯੂਨੀਵਰਸਿਟੀ ਵੱਲੋਂ ਜਾਂਚ ਤੋਂ ਬਾਅਦ ਕਿਹਾ ਗਿਆ ਸੀ ਕਿ ਕਿਸੇ ਵਿਦਿਆਰਥਣ ਦੇ ਲਾਪਤਾ ਹੋਣ ਜਾਂ ਮੌਤ ਦੀ ਪੁਸ਼ਟੀ ਨਹੀਂ ਹੋਈ। ਗਰਲਜ਼ ਹੋਸਟਲ ਵਿੱਚ ਕਥਿਤ ਡਰਾਉਣੀਆਂ ਆਵਾਜ਼ਾਂ ਵਾਲਾ ਮਾਮਲਾ ਵੀ ਮੁੱਢਲੀ ਜਾਂਚ ਵਿੱਚ ਵਿਦਿਆਰਥੀਆਂ ਦੀ ਇੱਕ ਪ੍ਰੈਂਕ ਨਾਲ ਜੁੜਿਆ ਪਾਇਆ ਗਿਆ।
ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਗੱਡੀਆਂ ਨੂੰ ਨੁਕਸਾਨ
ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਕਥਿਤ ਤੌਰ ’ਤੇ ਦੋ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਇੱਕ ਪੁਲਿਸ ਕਰਮਚਾਰੀ ਨਾਲ ਹੱਥੋਪਾਈ ਵੀ ਹੋਈ। ਘਟਨਾ ਤੋਂ ਬਾਅਦ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਪੋਸਟਾਂ ਅਤੇ ਸੁਨੇਹਿਆਂ ਦੀ ਜਾਂਚ ਸ਼ੁਰੂ ਕੀਤੀ ਸੀ।
ਪੁਲਿਸ ਨੇ ਹੁਣ ਇਸ ਮਾਮਲੇ ਵਿੱਚ FIR ਦਰਜ ਕਰਕੇ ਦੋ ਸਾਬਕਾ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ FIR ਵਿੱਚ ਕਰੀਬ 10 ਹੋਰ ਵਿਅਕਤੀਆਂ ਦੇ ਨਾਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਭੇਜੀਆਂ ਗਈਆਂ ਹਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਗਲਤ ਤਰੀਕੇ ਨਾਲ ਬੰਦੀ ਬਣਾਉਣ, ਸਰਕਾਰੀ ਕਰਮਚਾਰੀ ਦੇ ਕੰਮ ਵਿੱਚ ਰੁਕਾਵਟ, ਸਰਕਾਰੀ ਕਰਮਚਾਰੀ ਨਾਲ ਹਮਲਾ, ਅਪਰਾਧਿਕ ਧਮਕੀ, ਦੰਗਾ, ਗੈਰਕਾਨੂੰਨੀ ਇਕੱਠ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

