ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

 

ਕਪੂਰਥਲਾ, 12 ਸਤੰਬਰ, 2026

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸੁਭਾਨਪੁਰ ਨੇੜੇ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਕਰੀਬ ਸਵੇਰੇ 9:15 ਵਜੇ ਵਾਪਰਨ ਦੀ ਜਾਣਕਾਰੀ ਮਿਲੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸੁਭਾਨਪੁਰ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਥਾਣਾ ਸੁਭਾਨਪੁਰ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਅਤੇ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ।

ਪੁਲਿਸ ਵੱਲੋਂ 108 ਐਂਬੂਲੈਂਸ ਦੀ ਮਦਦ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਵੋਟਰ ਕਾਰਡ ਤੋਂ ਮਿਲਿਆ ਅਹਿਮ ਸੁਰਾਗ

ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇੱਕ ਵੋਟਰ ਕਾਰਡ ਮਿਲਿਆ ਹੈ, ਜਿਸ ’ਤੇ ਅਮਨਾ ਪਤਨੀ ਸਤਨਾਮ, ਪਿੰਡ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਲਿਖਿਆ ਹੋਇਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕਾਂ ਕੋਲੋਂ ਮਿਲਿਆ ਬੈਗ ਅਤੇ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਪਰਿਵਾਰਕ ਮੈਂਬਰਾਂ ਨਾਲ ਸੰਪਰਕ ਦੀ ਕੋਸ਼ਿਸ਼

ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਤਿੰਨਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਹਾਦਸੇ ਦੀ ਪੂਰੀ ਜਾਣਕਾਰੀ ਸਾਹਮਣੇ ਆ ਸਕੇ।

ਫਿਲਹਾਲ ਪੁਲਿਸ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਕਿਸ ਤਰ੍ਹਾਂ ਵਾਪਰਿਆ ਅਤੇ ਇਸ ਵਿੱਚ ਕਿਸ ਵਾਹਨ ਦੀ ਸ਼ਮੂਲੀਅਤ ਸੀ। ਮਾਮਲੇ ਸਬੰਧੀ ਅਗਲੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *