ਮੈਡ ਸੰਧੂ ਕਤਲ ਕਾਂਡ ਦਾ ਮੁੱਖ ਮੁਲਜ਼ਮ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ, 3 ਪਿਸਤੌਲ ਤੇ 11 ਕਾਰਤੂਸ ਬਰਾਮਦ

ਚੰਡੀਗੜ੍ਹ, 14 ਅਕਤੂਬਰ 2026

ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏ.ਟੀ.ਐੱਸ. ਦੇ ਸਹਿਯੋਗ ਨਾਲ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਵਿਦੇਸ਼ੀ ਹੈਂਡਲਰਾਂ ਨਾਲ ਸਬੰਧ ਹੋਣ ਦਾ ਸ਼ੱਕ

ਮੁੱਢਲੀ ਜਾਂਚ ਮੁਤਾਬਕ, ਮੁਲਜ਼ਮ ਦੀ ਕਥਿਤ ਭੂਮਿਕਾ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਦੀ ਸਪਲਾਈ ਕਰਨ, ਵਿੱਤੀ ਸਹਾਇਤਾ ਦੇਣ ਅਤੇ ਸ਼ੂਟਰਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਵਿੱਚ ਸੀ। ਪੁਲਿਸ ਮੁਤਾਬਕ, ਉਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਵਿੱਚ ਆਪਣੀ ਸ਼ਮੂਲੀਅਤ ਵੀ ਕਬੂਲ ਕੀਤੀ ਹੈ।

3 ਅਕਤੂਬਰ ਨੂੰ ਹੋਇਆ ਸੀ ਕਤਲ

ਜ਼ਿਕਰਯੋਗ ਹੈ ਕਿ 3 ਅਕਤੂਬਰ 2026 ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਹਿਲਾਂ ਵੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਮੁੰਬਈ ਤੋਂ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨਾਲ ਜਾਂਚ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਹੈ।

ਪੁਲਿਸ ਵੱਲੋਂ ਮਾਮਲੇ ਦੇ ਹੋਰ ਪਹਿਲੂਆਂ ਅਤੇ ਕਥਿਤ ਨੈੱਟਵਰਕ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *