ਕੇਂਦਰ ਸਰਕਾਰ ਦਾ ਵੱਡਾ ਫੈਸਲਾ: ‘Lawrence of Punjab’ ਡਾਕੂਮੈਂਟਰੀ ‘ਤੇ ਲਗਾਈ ਰੋਕ, ZEE5 ਨੂੰ ਨੋਟਿਸ ਜਾਰੀ

ਨਵੀਂ ਦਿੱਲੀ (24 ਅਪ੍ਰੈਲ 2026)
ਕੇਂਦਰ ਸਰਕਾਰ ਨੇ ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀ ਵਿਵਾਦਤ ਡਾਕੂਮੈਂਟਰੀ ਸੀਰੀਜ਼ ‘Lawrence of Punjab’ ਦੇ ਪ੍ਰਸਾਰਣ ‘ਤੇ ਰੋਕ ਲਗਾ ਦਿੱਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ OTT ਪਲੇਟਫਾਰਮ ZEE5 ਨੂੰ ਇਕ ਅਧਿਕਾਰਤ ਨੋਟਿਸ ਭੇਜ ਕੇ ਇਸ ਸੀਰੀਜ਼ ਨੂੰ ਰਿਲੀਜ਼ ਨਾ ਕਰਨ ਦੀਆਂ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਹਨ।
## ਸਿਆਸਤਦਾਨਾਂ ਦੇ ਵਿਰੋਧ ਦਾ ਹੋਇਆ ਅਸਰ
ਜ਼ਿਕਰਯੋਗ ਹੈ ਕਿ ਇਸ ਡਾਕੂਮੈਂਟਰੀ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਸਿਆਸਤਦਾਨਾਂ ਨੇ ਇਸ ਖ਼ਿਲਾਫ਼ ਸਖ਼ਤ ਆਵਾਜ਼ ਚੁੱਕੀ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਸ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਹਾਈ ਕੋਰਟ ਵਿੱਚ ਵੀ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਅਜਿਹੀਆਂ ਫਿਲਮਾਂ ਨੌਜਵਾਨਾਂ ਨੂੰ ਅਪਰਾਧ ਵੱਲ ਧੱਕਦੀਆਂ ਹਨ।
## ਗੈਂਗਸਟਰਾਂ ਦੇ ਗਲੋਰੀਫਿਕੇਸ਼ਨ ‘ਤੇ ਨਕੇਲ
ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਅਜਿਹੀ ਸਮੱਗਰੀ ਨੂੰ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਅਪਰਾਧੀਆਂ ਦਾ ਮਹਿਮਾ-ਗਾਨ (Glorification) ਕਰਦੀ ਹੋਵੇ। ਸਰਕਾਰ ਦਾ ਮੰਨਣਾ ਹੈ ਕਿ ਅਜਿਹੀ ਸੀਰੀਜ਼ ਸਮਾਜਿਕ ਸੁਰੱਖਿਆ ਅਤੇ ਨੌਜਵਾਨਾਂ ਦੀ ਮਾਨਸਿਕਤਾ ਲਈ ਖਤਰਾ ਪੈਦਾ ਕਰ ਸਕਦੀ ਹੈ।
ਪੰਜਾਬ ਦੇ ਕਈ ਹੋਰ ਆਗੂਆਂ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪਹਿਲਾਂ ਹੀ ਗੈਂਗਸਟਰਵਾਦ ਦੀ ਮਾਰ ਝੱਲ ਰਿਹਾ ਹੈ ਅਤੇ ਅਜਿਹੇ ਪ੍ਰੋਗਰਾਮ ਸਥਿਤੀ ਨੂੰ ਹੋਰ ਵਿਗਾੜ ਸਕਦੇ ਹਨ।

Leave a Reply

Your email address will not be published. Required fields are marked *