
26 March
ਮਾਨਸਾ ਜ਼ਿਲ੍ਹੇ ਵਿੱਚ ਵਿਜੀਲੈਂਸ ਵਿਭਾਗ ਨੇ ਗਬਨ ਦੇ ਇਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਜਲ ਸਰੋਤ ਪ੍ਰਬੰਧਨ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਕੁੱਲ ਪੰਜ ਲੋਕਾਂ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਹੈ, ਜਦਕਿ ਇਕ ਰਿਟਾਇਰਡ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਨਗਿੰਦਰ ਸਿੰਘ ਮੁਤਾਬਕ ਇਹ ਕਾਰਵਾਈ ਅਮਰੀਕ ਸਿੰਘ ਨਾਮ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਕੀਤੀ ਗਈ, ਜਿਸ ਵਿੱਚ ਸਰਕਾਰੀ ਕੰਮਾਂ ਵਿੱਚ ਗੜਬੜੀਆਂ ਅਤੇ ਫੰਡ ਦੇ ਗਲਤ ਇਸਤੇਮਾਲ ਦੇ ਦੋਸ਼ ਲਗਾਏ ਗਏ ਸਨ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਪਿੰਡ ਬਛਆਣਾ ਵਿੱਚ ਵਿਭਾਗ ਵੱਲੋਂ ਬਣਾਏ ਗਏ ਮੋਘਿਆਂ ਦੇ ਨਿਰਮਾਣ ਵਿੱਚ ਘਟੀਆ ਸਮੱਗਰੀ ਵਰਤੀ ਗਈ, ਜਿਸ ਨਾਲ ਕਰੀਬ 5 ਲੱਖ 40 ਹਜ਼ਾਰ ਰੁਪਏ ਦਾ ਗਬਨ ਹੋਇਆ। ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਨੇ ਕਿਹਾ ਹੈ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ।

