
ਅੰਮ੍ਰਿਤਸਰ, 2 ਅਪ੍ਰੈਲ 2026
ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ CCTV ਵੀਡੀਓ ਵੀ ਸਾਹਮਣੇ ਆਈ ਹੈ, ਜਿਸਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ। ਵੀਡੀਓ ਵਿੱਚ ਸਾਫ਼ ਤੌਰ ‘ਤੇ 9 ਤੋਂ 10 ਰਾਊਂਡ ਗੋਲੀਆਂ ਚਲਣ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ।
ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਘਰ ਦੇ ਬਾਹਰ ਲੱਗੇ ਗੇਟ ‘ਤੇ ਨਿਸ਼ਾਨਾ ਬਣਾਇਆ, ਜਿੱਥੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਪਰਿਵਾਰ ਨੂੰ ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਵੀ ਮਿਲੇ ਹਨ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਪੀੜਤ ਪਰਿਵਾਰ ਦੇ ਮੈਂਬਰ ਰਸ਼ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ, ਫਿਰ ਵੀ ਇਸ ਤਰ੍ਹਾਂ ਦੀ ਘਟਨਾ ਨੇ ਉਨ੍ਹਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਘਟਨਾ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰਦੇ ਹੋਏ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਬਣ ਰਹੇ ਡਰ ਦੇ ਮਾਹੌਲ ਨੂੰ ਤੁਰੰਤ ਖਤਮ ਕੀਤਾ ਜਾਵੇ।
ਸੂਚਨਾ ਮਿਲਣ ‘ਤੇ ਥਾਣਾ ਮਜੀਠਾ ਦੇ ਐਸਐਚਓ ਅਵਤਾਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ CCTV ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

