ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਪੰਜਾਬ ਦੀ ਸਥਿਤੀ ਕਿਤੇ ਬਿਹਤਰ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 22 ਅਕਤੂਬਰ, 2026

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ਿਆਂ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਦੀ ਸ਼ਮੂਲੀਅਤ ਵਧਾ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰਾਂ ਨੂੰ ਲਾਮਬੰਦ ਕੀਤਾ ਗਿਆ ਹੈ, ਜਦਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਸਣੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਵੀ ਢਾਹੀਆਂ ਗਈਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੀਂ ਅਜਿਹੀ ਪਹੁੰਚ ਅਪਣਾਈ ਹੈ ਜਿਸ ਵਿੱਚ ਲੋਕਾਂ ਦੀ ਸ਼ਮੂਲੀਅਤ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦਾ ਮੁੜ ਵਸੇਬਾ ਸ਼ਾਮਲ ਹੈ। ਸਾਡਾ ਟੀਚਾ ਸਪੱਸ਼ਟ ਹੈ ਪੰਜਾਬ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣਾ ਹੈ।”

ਕੈਬਨਿਟ ਮੰਤਰੀ ਨੇ ਕਿਹਾ, “ਇਸ ਲੜਾਈ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿੱਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਦਾ ਯੋਜਨਾਬੱਧ ਢੰਗ ਨਾਲ ਗਠਨ ਕੀਤਾ ਗਿਆ ਹੈ। ਸੂਬੇ ਭਰ ਵਿੱਚ 1.26 ਲੱਖ ਤੋਂ ਵੱਧ ਮੈਂਬਰਾਂ ਨੂੰ ਲਾਮਬੰਦ ਕਰਕੇ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚ ਸਕੇ।”

ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਪਲਾਈ ਚੇਨ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਢਾਹੁਣ ਦੀ ਕਾਰਵਾਈ ਨਿਰੰਤਰ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਨੂੰ ਬੇਅਸਰ ਕਰਕੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਦਾ ਲੱਕ ਤੋੜਿਆ ਜਾ ਸਕੇ।’’

ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਉਹ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਸਵੀਕਾਰ ਕਰਨ ਦੀ ਥਾਂ ਸਿਆਸੀ ਵਿਖਾਵੇਬਾਜ਼ੀ ਕਰ ਰਹੀਆਂ ਹਨ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ, “ਅਸੀਂ ਵਿਰੋਧੀਆਂ ਵਾਂਗ ਦਿਖਾਵੇਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਨਤੀਜੇ ਦੇ ਰਹੇ ਹਾਂ। ਜਦੋਂ ਅਸੀਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਯਤਨ ਕਰ ਰਹੇ ਹਾਂ ਤਾਂ ਵਿਰੋਧੀ ਪਾਰਟੀਆਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਗੁਮਰਾਹਕੁੰਨ ਬਿਆਨਬਾਜ਼ੀ ਕਰਕੇ ਸੂਬੇ ਨੂੰ ਬਦਨਾਮ ਕਰਨ ਵਿੱਚ ਜੁਟੀਆਂ ਹੋਈਆਂ ਹਨ।’’

ਉਨ੍ਹਾਂ ਕਿਹਾ, “ਕਾਨੂੰਨ ਵਿਵਸਥਾ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਦੀ ਸਥਿਤੀ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਸਿਆਸੀ ਪਾਰਟੀਆਂ ਨੂੰ ਲੋਕਾਂ ਨੂੰ ਗੁਮਰਾਹ ਕਰਨ ਅਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਆਪਣੇ ਸ਼ਾਸਨ ਵਾਲੇ ਸੂਬਿਆਂ ਦੇ ਰਿਕਾਰਡ ’ਤੇ ਝਾਤ ਮਾਰਨੀ ਚਾਹੀਦੀ ਹੈ।”

Leave a Reply

Your email address will not be published. Required fields are marked *